ਐੱਨ.ਐੱਚ.ਆਰ.ਸੀ. ਮੈਂਬਰ ਪ੍ਰਿਯਾਂਕ ਕਾਨੂੰਨਗੋ ਵੱਲੋਂ ਬਠਿੰਡਾ ਵਿੱਚ ਵੱਖ-ਵੱਖ ਭਲਾਈ ਸਕੀਮਾਂ ਦਾ ਜਾਇਜ਼ਾ
ਐੱਨ.ਐੱਚ.ਆਰ.ਸੀ. ਮੈਂਬਰ ਪ੍ਰਿਯਾਂਕ ਕਾਨੂੰਨਗੋ ਵੱਲੋਂ ਬਠਿੰਡਾ ਵਿੱਚ ਵੱਖ-ਵੱਖ ਭਲਾਈ ਸਕੀਮਾਂ ਦਾ ਜਾਇਜ਼ਾ

ਬਠਿੰਡਾ, 12 ਅਗਸਤ: ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.) ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯਾਂਕ ਕਾਨੂੰਨਗੋ ਨੇ ਅੱਜ ਬਠਿੰਡਾ ਜ਼ਿਲ੍ਹੇ ਦਾ ਦੌਰਾ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ, ਜਿਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਅਤੇ ਹੁਨਰ ਵਿਕਾਸ ਨਾਲ ਸਬੰਧਤ ਦੀਨ ਦਿਆਲ ਉਪਾਧਿਆਏ ਕੌਸ਼ਲ ਵਿਕਾਸ ਯੋਜਨਾ, ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਪ੍ਰਧਾਨ ਮੰਤਰੀ ਰੁਜ਼ਗਾਰ ਉਤਪਤੀ ਯੋਜਨਾ, ਪੀ.ਐੱਮ. ਵਿਸ਼ਵਕਰਮਾ ਯੋਜਨਾ, ਬਜ਼ੁਰਗਾਂ ਲਈ ਭਲਾਈ ਯੋਜਨਾਵਾਂ, ਪੌਕਸੋ ਮਾਮਲਿਆਂ, ਨਮਸਤੇ ਸਕੀਮ ਅਤੇ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਸਮੇਤ ਵੱਖ-ਵੱਖ ਸਕੀਮਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਸ੍ਰੀ ਕਾਨੂੰਨਗੋ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਭਲਾਈ ਯੋਜਨਾਵਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪੂਰੀ ਪਾਰਦਰਸ਼ਤਾ ਨਾਲ ਪਹੁੰਚਾਇਆ ਜਾਵੇ ਅਤੇ ਕਿਸੇ ਵੀ ਯੋਗ ਵਿਅਕਤੀ ਨੂੰ ਸਰਕਾਰੀ ਸਹੂਲਤਾਂ ਪ੍ਰਾਪਤ ਕਰਨ ਲਈ ਖੱਜਲ-ਖੁਆਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਲੋਕ-ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਅਤੇ ਇਸ ਲਈ ਵੱਧ ਤੋਂ ਵੱਧ ਯੋਗ ਲੋਕਾਂ ਨੂੰ ਇਨ੍ਹਾਂ ਸਕੀਮਾਂ ਨਾਲ ਜੋੜਿਆ ਜਾਣਾ ਚਾਹੀਦਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇਸ਼ ਦੇ ਹਰ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਭਾਰਤ ਸਰਕਾਰ ਦੀਆਂ ਭਲਾਈ ਸਕੀਮਾਂ ਦੇ ਜ਼ਮੀਨੀ ਪੱਧਰ ’ਤੇ ਲਾਗੂ ਹੋਣ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸ੍ਰੀ ਕਾਨੂੰਨਗੋ ਨੇ ਭੁੱਚੋ ਅਤੇ ਰਾਮਪੁਰਾ ਫੂਲ ਦਾ ਵੀ ਦੌਰਾ ਕੀਤਾ, ਜਿੱਥੇ ਭੁੱਚੋ ਵਿਖੇ ਉਨ੍ਹਾਂ ਕਰੀਬ 100 ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਨ੍ਹਾਂ ਪਰਿਵਾਰਾਂ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਘਰ ਬਣਾਉਣ ਸਬੰਧੀ ਰਿਪੋਰਟ ਅਗਲੇ 10 ਦਿਨਾਂ ਵਿੱਚ ਕਮਿਸ਼ਨ ਕੋਲ ਜਮ੍ਹਾ ਕਰਵਾਉਣ ਦੇ ਨਿਰਦੇਸ਼ ਦਿੱਤੇ। ਇਸੇ ਤਰ੍ਹਾਂ ਰਾਮਪੁਰਾ ਫੂਲ ਵਿਖੇ ਮਰੇ ਹੋਏ ਜਾਨਵਰਾਂ ਨੂੰ ਚੁੱਕਣ ਸਬੰਧੀ ਸਹੂਲਤ ਮੁਹੱਈਆ ਕਰਵਾਉਣ ਲਈ ਇੱਕ ਮਹੀਨੇ ਦੇ ਅੰਦਰ ਰਿਪੋਰਟ ਪੇਸ਼ ਕਰਨ ਦੀ ਹਦਾਇਤ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਥਿੰਦ, ਕਮਿਸ਼ਨਰ ਨਗਰ ਨਿਗਮ ਮੈਡਮ ਲਵਜੀਤ ਕਲਸੀ, ਸਹਾਇਕ ਕਮਿਸ਼ਨਰ ਸ੍ਰੀ ਗੁਰਜਿੰਦਰ ਪਾਲ ਸਿੰਘ, ਉਪ ਮੰਡਲ ਮੈਜਿਸਟਰੇਟ ਬਠਿੰਡਾ ਸ੍ਰੀ ਅਮਨਦੀਪ ਸਿੰਘ ਮਾਵੀ, ਜ਼ਿਲ੍ਹਾ ਪੰਚਾਇਤ ਅਤੇ ਵਿਕਾਸ ਅਫ਼ਸਰ ਸ੍ਰੀ ਅਭਿਨਵ ਸਮੇਤ ਵੱਖ-ਵੱਖ ਵਿਭਾਗਾਂ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।




